ਢਿੱਲੋਂ ਪਿਓ-ਪੁੱਤ ਅਤੇ ਹਲਕਾ ਵਿਧਾਇਕ ਤੋਂ ਪੁੱਛਿਆ ਕੀ ਕਰਵਾਇਆ ਵਿਕਾਸ
ਨਿਰਭੈ ਸੋਚ / ਬਿਓਰੋ
ਜ਼ੀਰਕਪੁਰ। ਜ਼ੀਰਕਪੁਰ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਜਾਣ ਤੋਂ ਬਾਅਦ ਪਹਿਲਾਂ ਦੀਪਇੰਦਰ ਸਿੰਘ ਢਿੱਲੋਂ ਪਿਤਾ-ਪੁੱਤਰ ਨੇ ਜ਼ੀਰਕਪੁਰ ਨੂੰ ਵਿਕਾਸ ਪੱਖੋਂ ਪਛਾੜ ਦਿੱਤਾ ਅਤੇ ਜੋ ਕਮੀ ਰਹਿ ਗਈ ਸੀ ਉਸਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹਲਕਾ ਵਿਧਾਇਕ ਨੇ ਪੂਰਾ ਕਰ ਦਿੱਤਾ।
ਜਸਪਾਲ ਸਿੰਘ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਦੇ ਹੱਕ ਵਿੱਚ ਜ਼ੀਰਕਪੁਰ, ਭਬਾਤ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੋਣ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਜ਼ੀਰਕਪੁਰ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਸਭ ਤੋਂ ਵੱਧ ਮਾਲੀਆ ਦੇਣ ਵਾਲੇ ਜ਼ੀਰਕਪੁਰ ਦੇ ਵਿਕਾਸ ਵੱਲ ਨਾ ਤਾਂ ਕਾਂਗਰਸ ਅਤੇ ਨਾ ਹੀ ਆਮ ਆਦਮੀ ਪਾਰਟੀ ਨੇ ਕੋਈ ਧਿਆਨ ਦਿੱਤਾ ਹੈ। ਸਰਪੰਚ ਜਸਪਾਲ ਨੇ ਦੱਸਿਆ ਕਿ ਅੱਜ ਜਦੋਂ ਉਹ ਚੋਣ ਪ੍ਰਚਾਰ ਲਈ ਜਾ ਰਹੇ ਹਨ ਤਾਂ ਲੋਕ ਉਨ੍ਹਾਂ ਨੂੰ ਸ਼ਿਕਾਇਤਾਂ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਵਾਲਾ ਕੋਈ ਨਹੀਂ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੂੰ ਜੇਤੂ ਬਣਾ ਕੇ ਜ਼ੀਰਕਪੁਰ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ।