ਹਰਨੇਕ ਮਹਿਮਾ ਦੀ ਜੇਲ੍ਹ ਬੰਦੀ ਅਤੇ ਪੁਲਿਸ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਦਾ ਜਵਾਬ, ਸੰਘਰਸ਼ ਨੂੰ ਹੋਰ ਤੇਜ਼ ਕਰਕੇ ਦਿਆਂਗੇ-ਗੁਰਦੀਪ ਰਾਮਪੁਰਾ
ਨਿਰਭੈ ਸੋਚ / ਬਿਓਰੋ
ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੰਜਾਬ ਪੁਲਿਸ ਵੱਲੋਂ ਪੁਰਾਣੇ ਕੇਸਾਂ ਵਿੱਚ ਗ੍ਰਿਫ਼ਤਾਰ ਕਰ ਕੇ 10 ਮਈ ਤੋਂ ਜੇਲ੍ਹ ਵਿੱਚ ਡੱਕਣ ਅਤੇ ਪ੍ਰਸ਼ਾਸਨ ਵੱਲੋਂ ਉਸ ਦੀ ਰਿਹਾਈ ਲਈ ਆਪਣੇ ਵਾਅਦੇ ਤੇ ਖਰਾ ਨਾ ਉਤਰਨ ਤੇ ਜਥੇਬੰਦੀ ਦੀ ਸੂਬਾ ਕਮੇਟੀ ਨੇ ਸਖ਼ਤ ਗੁੱਸੇ ਅਤੇ ਰੋਹ ਦਾ ਪ੍ਰਗਟਾਵਾ ਕੀਤਾ ਹੈ।
ਇਸ ਬਾਰੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਮੀਤ ਪ੍ਰਧਾਨ ਹਰੀਸ਼ ਨੱਢਾ ਲਾਧੂਕਾ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ, ਮੱਖਣ ਸਿੰਘ ਭੈਣੀ ਬਾਘਾ, ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ ਅਤੇ ਔਰਤ ਵਿੰਗ ਦੀ ਆਗੂ ਬੀਬੀ ਅੰਮ੍ਰਿਤਪਾਲ ਕੌਰ ਅਤੇ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਤੇ ਜ਼ੁਲਮ ਕਰਨ ਦੇ ਮਾਮਲੇ ਵਿੱਚ, ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਭਾਜਪਾ ਨੂੰ ਵੀ ਮਾਤ ਪਾ ਗਈ ਹੈ। ਸਾਡੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਗਿਰਫਤਾਰ ਕਰਕੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ ਕਿ ਕਿਸਾਨਾਂ ਵੱਲੋਂ ਭਾਜਪਾ ਦੇ ਕੀਤੇ ਜਾ ਰਹੇ ਵਿਰੋਧ ਨੂੰ ਅਸਫਲ ਕੀਤਾ ਜਾ ਸਕੇ।
ਆਗੂਆਂ ਨੇ ਕਿਹਾ ਕਿ ਜਦੋਂ 17 ਮਈ ਨੂੰ ਐਸਐਸਪੀ ਫਿਰੋਜ਼ਪੁਰ ਦੇ ਦਫਤਰ ਸਾਹਮਣੇ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਧਰਨਾ ਲਾਇਆ ਗਿਆ ਸੀ ਤਾਂ ਉਦੋਂ ਪੁਲਿਸ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂਆਂ ਨਾਲ ਵਾਅਦਾ ਕੀਤਾ ਸੀ ਅਤੇ ਸਟੇਜ ਤੇ ਆ ਕੇ ਵੀ ਐਲਾਨ ਕੀਤਾ ਸੀ ਕਿ ਉਹ ਹਰਨੇਕ ਸਿੰਘ ਮਹਿਮਾ ਦੀ ਜੇਲ ਤੋਂ ਰਿਹਾਈ ਲਈ ਹਰ ਸੰਭਵ ਸਹਿਯੋਗ ਕਰਨਗੇ।
ਉਸ ਤੋਂ ਬਾਅਦ ਜਥੇਬੰਦੀ ਵੱਲੋਂ 14 ਜੂਨ ਨੂੰ ਐਸਐਸਪੀ ਫਿਰੋਜ਼ਪੁਰ ਦੇ ਦਫਤਰ ਦੇ ਘਿਰਾਉ ਦਾ ਐਲਾਨ ਕੀਤਾ ਗਿਆ ਸੀ। ਇਹ ਘਿਰਾਉ ਜਥੇਬੰਦੀ ਵੱਲੋਂ ਸੂਬਾ ਪੱਧਰੀ ਇਕੱਠ ਕਰਕੇ ਕੀਤਾ ਜਾਣਾ ਸੀ। ਇਸ ਤੋਂ ਘਬਰਾ ਕੇ ਉਦੋਂ ਪੁਲਿਸ ਪ੍ਰਸ਼ਾਸਨ ਨੇ ਫਿਰੋਜ਼ਪੁਰ ਜ਼ਿਲਾ ਕਮੇਟੀ ਨੂੰ ਵਾਰ ਵਾਰ ਵਿਸ਼ਵਾਸ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਅਤੇ 14 ਜੂਨ ਦਾ ਇਹ ਘਿਰਾਉ ਮੁਲਤਵੀ ਕਰਨ ਲਈ ਕਿਹਾ। ਜ਼ਿਲਾ ਕਮੇਟੀ ਨੇ ਪ੍ਰਸ਼ਾਸ਼ਨ ਨੂੰ ਜਵਾਬ ਦਿੱਤਾ ਕਿ ਇਹ ਧਰਨਾ ਪ੍ਰਦਰਸ਼ਨ ਸੂਬਾ ਕਮੇਟੀ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਹੈ, ਇਸ ਲਈ ਸੂਬਾ ਕਮੇਟੀ ਨਾਲ ਹੀ ਗੱਲਬਾਤ ਕੀਤੀ ਜਾਵੇ।
ਪ੍ਰਸ਼ਾਸਨ ਨੇ ਸੂਬਾ ਕਮੇਟੀ ਨਾਲ ਤਾਲਮੇਲ ਕਰਕੇ ਗੱਲਬਾਤ ਕਰਨ ਲਈ ਬੁਲਾਇਆ। ਐਸਐਸਪੀ ਫਿਰੋਜ਼ਪੁਰ ਦੇ ਦਫਤਰ ਵਿੱਚ ਹੋਈ ਮੀਟਿੰਗ ਵਿੱਚ ਦੁਬਾਰਾ ਫਿਰ ਪ੍ਰਸ਼ਾਸਨ ਨੇ ਜਥੇਬੰਦੀ ਨੂੰ ਇਹ ਪੂਰਾ ਭਰੋਸਾ ਦਵਾਇਆ ਕਿ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇਸ ਵਾਸਤੇ ਇੱਕ ਹਫਤੇ ਦਾ ਸਮਾਂ ਮੰਗਿਆ ਗਿਆ ਸੀ ਪ੍ਰੰਤੂ ਪ੍ਰਸ਼ਾਸਨ ਆਪਣੇ ਵਾਅਦੇ ਤੇ ਖਰਾ ਨਹੀਂ ਉੱਤਰਿਆ।
ਸੂਬਾ ਕਮੇਟੀ ਨੇ ਮਹਿਸੂਸ ਕੀਤਾ ਕਿ ਅਸਲ ਵਿੱਚ ਪੁਲਿਸ ਪ੍ਰਸ਼ਾਸਨ,ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਥੇਬੰਦੀ ਨੂੰ ਟਰਕਾਉਣ ਦੀ ਨੀਤੀ ਤੇ ਚੱਲ ਰਿਹਾ ਹੈ ਅਤੇ ਹਰਨੇਕ ਸਿੰਘ ਮਹਿਮਾ ਨੂੰ ਜੇਲ੍ਹ ਵਿੱਚ ਡੱਕੀ ਰੱਖਕੇ ਕਿਸਾਨ ਕਾਫ਼ਲਿਆਂ ਨੂੰ ਆਗੂ ਰਹਿਤ ਅਤੇ ਦਹਿਸ਼ਤ ਜ਼ਦਾ ਕਰਨਾ ਚਾਹੁੰਦਾ ਹੈ। ਸੂਬਾ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਵਾਰ ਵਾਰ ਹਫਤੇ ਦਾ ਸਮਾਂ ਮੰਗ ਕੇ ਧਰਨਾ ਮੁਲਤਵੀ ਕਰਵਾਇਆ ਸੀ ਤਾਂ ਪ੍ਰਸ਼ਾਸਨ ਨੂੰ ਆਪਣੇ ਵਾਅਦੇ ਤੇ ਕਾਇਮ ਰਹਿਣਾ ਚਾਹੀਦਾ ਸੀ। ਪ੍ਰਸ਼ਾਸਨ ਵੱਲੋਂ ਵਾਅਦਾ ਨਾਂ ਨਿਭਾਉਣ ਕਰਕੇ ਜਥੇਬੰਦੀ ਵਿੱਚ ਸਖ਼ਤ ਗੁੱਸਾ ਅਤੇ ਰੋਹ ਹੈ।
ਇਸ ਲਈ ਜਲਦੀ ਹੀ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਸਖ਼ਤ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ ਅਤੇ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਆਰ ਜਾਂ ਪਾਰ ਦੀ ਲੜਾਈ ਲੜੀ ਜਾਵੇਗੀ। ਇਸ ਲਈ ਹਰ ਕਿਸਮ ਦੀ ਜ਼ਿੰਮੇਵਾਰੀ ਫਿਰੋਜ਼ਪੁਰ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਪੰਜਾਬ ਸਰਕਾਰ ਦੀ ਹੀ ਹੋਵੇਗੀ।